ਬਾਦਲ ਦੇ 'ਗੈਂਗਸਟਰ' ਕਹਿਣ 'ਤੇ ਭੜਕੇ ਬਰਾੜ..!
ਚੰਡੀਗੜ੍ਹ: ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਉਨ੍ਹਾਂ ਦੇ ਗੈਂਗਸਟਰ ਹੋਣ ਦੇ ਸਬੂਤ ਹਨ ਤਾਂ ਪੇਸ਼ ਕਰਨ। ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਦਿਆਂ ਇਹ ਗੱਲ ਕਹੀ ਹੈ। ਦਰਅਸਲ, ਪਿਛਲੇ ਦਿਨੀਂ ਇੱਕ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੂੰ ਬੱਚਾ-ਬੱਚਾ ਗੈਂਗਸਟਰ ਵਜੋਂ ਜਾਣਦਾ ਹੈ।
ਵਿਧਾਇਕ ਬਰਾੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗ਼ਲਤ ਕੰਮਾਂ ਨੂੰ ਉਜਾਗਰ ਕੀਤਾ ਸੀ, ਜਿਸ ਕਰ ਕੇ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ।
ਬਰਾੜ ਨੇ ਕਿਹਾ ਕਿ ਸੱਚ ਤਾਂ ਇਹ ਹੈ ਸ਼੍ਰੋਮਣੀ ਅਕਾਲੀ ਦਲ ਹੀ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਰਿਹਾ ਹੈ ਤੇ ਇਨ੍ਹਾਂ ਦੇ ਰਾਜ ‘ਚ ਹੀ ਵੱਡੇ ਪੱਧਰ ‘ਤੇ ਗੈਂਗਸਟਰ ਪੈਦਾ ਹੋਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪੋਲ-ਖੋਲ੍ਹ ਰੈਲੀਆਂ ਇਸ ਕਰ ਕੇ ਕਰ ਰਹੇ ਹਨ ਕਿ ਅਕਾਲੀ ਦਲ ਦੀ ਪੋਲ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ਼ ਅਕਾਲੀ ਦਲ ਤੋਂ ਉੱਠ ਚੁੱਕਾ ਹੈ ਤੇ ਇਸ ਲਈ ਸੁਖਬੀਰ ਹੁਣ ਜਿੰਨਾ ਮਰਜ਼ੀ ਝੂਠ ਬੋਲ ਲੈਣ ਕੋਈ ਉਨ੍ਹਾਂ ‘ਤੇ ਵਿਸ਼ਵਾਸ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਅਜੇ ਵੀ ਸੁਖਬੀਰ ਬਾਦਲ ਨੂੰ ‘ਸੁੱਖਾ ਗੱਪੀ’ ਕਹਿ ਕੇ ਬਲਾਉਂਦੇ ਹਨ।
ਪਿਛਲੇ ਦਿਨਾਂ ਤੋਂ ਸੁਖਬੀਰ ਬਾਦਲ ਕਾਂਗਰਸ ਸਰਕਾਰ ‘ਤੇ ਲਗਾਤਾਰ ਸ਼ਬਦੀ ਹਮਲੇ ਕਰ ਰਹੇ ਹਨ ਤੇ ਇਨ੍ਹਾਂ ਟਿੱਪਣੀਆਂ ਦਾ ਜਵਾਬ ਕਾਂਗਰਸ ‘ਚੋਂ ਨਵਜੋਤ ਸਿੰਘ ਸਿੱਧੂ ਵੱਲੋਂ ਸਭ ਤੋਂ ਜ਼ਿਆਦਾ ਦਿੱਤਾ ਜਾ ਰਿਹਾ ਹੈ।abp news
Comments